ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਕੇਂਦਰੀ ਜੇਲ ਦੇ ਬੰਦੀਆਂ ਨਾਲ ਵੈਬੀਨਾਰ ਜਰੀਏ ਰੂਬਰੂ
ਪਟਿਆਲਾ, 5 ਅਗਸਤ 2021 : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਨੇ ਕੇਂਦਰੀ ਜੇਲ ਦੇ ਬੰਦੀਆਂ ਨਾਲ ਵੈਬੀਨਾਰ ਰਾਹੀਂ ਰੂਬਰੂ ਪ੍ਰੋਗਰਾਮ ਕਰਵਾਇਆ। ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ ਪਰਮਿੰਦਰ ਕੌਰ ਨੇ ਗੂਗਲ ਮੀਟ ਐਪ ਰਾਂਹੀ ਕੇਂਦਰੀ ਜੇਲ, ਪਟਿਆਲਾ ਦੇ ਬੰਦੀਆਂ ਨਾਲ ਕੀਤੀ ਇਸ ਮੀਟਿੰਗ ਦੌਰਾਨ ਜੇਲ ਦੇ ਬੰਦੀਆਂ ਤੋਂ ਉਨਾਂ ਦੀਆਂ ਮੁਸ਼ਕਲਾਂ ਅਤੇ ਕਿਸੇ ਤਰ੍ਹਾਂ ਦੀ ਸ਼ਿਕਾਇਤ ਹੋਣ ਸਬੰਧੀ ਗੱਲਬਾਤ ਕੀਤੀ ਅਤੇ ਪਲੀ ਬਾਰਗੇਨਿੰਗ, ਮੁਫ਼ਤ ਕਾਨੂੰਨੀ ਸੇਵਾਵਾਂ ਦੇ ਅਧਿਕਾਰ, ਅਪੀਲਾਂ ਦੇ ਅਧਿਕਾਰ ਵਿਸ਼ੇ ‘ਤੇ ਗੱਲਬਾਤ ਕੀਤ ਗਈ। ਵੈਬੀਨਾਰ ਦੌਰਾਨ 11 ਸਤੰਬਰ 2021 ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਸਬੰਧੀ ਵੀ ਜਾਣਕਾਰੀ ਦਿੱਤੀ ਗਈ।
ਮਿਸ ਪਰਮਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਅਜੈ ਤਿਵਾੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ, ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਇਹ ਪ੍ਰੋਗਰਾਮ ਲਗਾਤਾਰ ਜਾਰੀ ਹਨ। ਇਸ ਦੌਰਾਨ ਜੇਲ ਅਧਿਕਾਰੀਆਂ ਨੂੰ ਬੰਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਰੱਖਣ ਦੀ ਹਦਾਇਤ ਕੀਤੀ ਗਈ।