ਫਗਵਾੜਾ ਪ੍ਰਸ਼ਾਸਨ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਸ਼ੋਭਾ ਯਾਤਰਾ ਲਈ ਪੁਖਤਾ ਪ੍ਰਬੰਧ ਕੀਤੇ : ਏ.ਡੀ.ਸੀ.
– 8 ਅਕਤੂਬਰ ਨੂੰ ਹੋਣ ਵਾਲੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਜਾਇਜ਼ਾ
ਫਗਵਾੜਾ, 7 ਅਕਤੂਬਰ 2022 : ਵਧੀਕ ਡਿਪਟੀ ਕਮਿਸ਼ਨਰ ਕਮ ਕਮਿਸ਼ਨਰ ਨਗਰ ਨਿਗਮ ਫਗਵਾੜਾ ਡਾ: ਨਯਨ ਜੱਸਲ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਫਗਵਾੜਾ ਪ੍ਰਸ਼ਾਸਨ ਵੱਲੋਂ 8 ਅਕਤੂਬਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਲਈ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਲੜੀਵਾਰ ਮੀਟਿੰਗਾਂ ਕਰਨ ਸਮੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਪੁਖਤਾ ਪ੍ਰਬੰਧ ਕਰਨ ਲਈ ਪਾਬੰਦ ਹੈ ਤਾਂ ਜੋ ਲੋਕ ਸ਼ੋਭਾ ਯਾਤਰਾ ਵਿੱਚ ਪੂਰੀ ਧਾਰਮਿਕ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਲ ਹੋ ਸਕਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮਾਗਮ ਨੂੰ ਸਫ਼ਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਡਾ: ਜੱਸਲ ਨੇ ਸੰਗਤਾਂ ਨੂੰ ਸ਼ੋਭਾ ਯਾਤਰਾ ਵਿਚ ਪੂਰੀ ਧਾਰਮਿਕ ਭਾਵਨਾ ਨਾਲ ਸ਼ਾਮਿਲ ਹੋਣ ਲਈ ਕਿਹਾ |
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸ਼ੋਭਾ ਯਾਤਰਾ ਦੌਰਾਨ ਟ੍ਰੈਫਿਕ ਡਾਇਵਰਸ਼ਨ, ਵਾਹਨਾਂ ਦੀ ਪਾਰਕਿੰਗ, ਸੁਰੱਖਿਆ ਪ੍ਰਬੰਧਾਂ ਅਤੇ ਹੋਰ ਸਹੂਲਤਾਂ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹਰੇਕ ਸਬੰਧਤ ਅਧਿਕਾਰੀ ਨੂੰ ਕਿਹਾ ਕਿ ਉਹ ਇਸ ਸ਼ੋਭਾ ਯਾਤਰਾ ਦੌਰਾਨ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਦਾ ਸਟਾਫ਼ ਤਨਦੇਹੀ ਨਾਲ ਡਿਊਟੀ ਨਿਭਾਉਣ। ਡਾ: ਜੱਸਲ ਨੇ ਕਿਹਾ ਕਿ ਹਰੇਕ ਅਧਿਕਾਰੀ/ਕਰਮਚਾਰੀ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਸ਼ੋਭਾ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਫਗਵਾੜਾ ਨੂੰ ਹਦਾਇਤ ਕੀਤੀ ਕਿ ਸ਼ੋਭਾ ਯਾਤਰਾ ਦੇ ਰੂਟ ਦੀ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾਵੇ, ਸੜਕਾਂ ‘ਤੇ ਪਾਣੀ ਦਾ ਛਿੜਕਾਅ ਕੀਤਾ ਜਾਵੇ। ਇਸੇ ਤਰ੍ਹਾਂ ਉਨ੍ਹਾਂ ਸਿਹਤ ਵਿਭਾਗ ਨੂੰ ਸ਼ੋਭਾ ਯਾਤਰਾ ਦੌਰਾਨ ਲੋਕਾਂ ਦੀ ਸਹੂਲਤ ਲਈ ਦਵਾਈਆਂ ਅਤੇ ਐਂਬੂਲੈਂਸਾਂ ਸਮੇਤ ਮੈਡੀਕਲ ਟੀਮਾਂ ਤਾਇਨਾਤ ਕਰਨ ਲਈ ਕਿਹਾ। ਡਾ. ਜੱਸਲ ਨੇ ਪੀ.ਐਸ.ਪੀ.ਸੀ.ਐਲ. ਨੂੰ ਸ਼ੋਭਾ ਯਾਤਰਾ ਦੌਰਾਨ ਨਿਰਵਿਘਨ ਬਿਜਲੀ ਸਪਲਾਈ ਲਈ ਇੱਕ ਵਿਧੀ ਤਿਆਰ ਕਰਨ ਲਈ ਵੀ ਕਿਹਾ। ਉਨ੍ਹਾਂ ਇਹ ਵੀ ਕਿਹਾ ਕਿ ਯਾਤਰਾ ਦੌਰਾਨ ਅਮਨ-ਕਾਨੂੰਨ ਨੂੰ ਬਣਾਈ ਰੱਖਣ ਲਈ ਪੁਲਿਸ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ ਅਤੇ ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਲੋੜੀਂਦੀ ਗਿਣਤੀ ਵਿੱਚ ਮਹਿਲਾ ਫੋਰਸ ਦੀ ਤਾਇਨਾਤੀ ਕੀਤੀ ਜਾਵੇਗੀ।
