ਵੋਟ ਜਾਗਰੂਕਤਾ ਲਈ ਬਾਈਕ ਰੈਲੀ ਕੱਢੀ ਗਈ

ਲੁਧਿਆਣਾ , 13 ਮਈ | ਲੋਕ ਸਭਾ ਚੋਣਾਂ ਦੌਰਾਨ ਪਹਿਲੀ ਜੂਨ ਨੂੰ ਵੋਟਾਂ ਵਾਲੇ ਦਿਨ ਨਾਗਰਿਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਦੇ ਯਤਨਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਐਨ.ਜੀ.ਓ ਇਨੀਸ਼ੀਏਟਰਜ਼ ਆਫ਼ ਚੇਂਜ ਅਤੇ ਲੁਧਿਆਣਾ ਦੇ ਹਾਰਲੇ ਡੇਵਿਡਸਨ ਰਾਈਡਰਜ਼ ਕਲੱਬ ਦੇ ਸਹਿਯੋਗ ਨਾਲ ਐਤਵਾਰ ਸ਼ਾਮ ਨੂੰ ਸਵੀਪ ਗਤੀਵਿਧੀਆਂ ਤਹਿਤ ਬਾਈਕ ਰੈਲੀ ਕੱਢੀ ਗਈ।
ਬਾਈਕ ਰੈਲੀ ਦੌਰਾਨ 100 ਦੇ ਕਰੀਬ ਬਾਈਕ ਸਵਾਰਾਂ ਵੱਲੋਂ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਤੋਂ ਸ਼ੁਰੂ ਹੋ ਕੇ ਭਾਈ ਵਾਲਾ ਚੌਂਕ, ਹੀਰੋ ਬੇਕਰੀ ਚੌਂਕ, ਮਲਹਾਰ ਰੋਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੇਟ ਨੰਬਰ 2, ਵੇਰਕਾ ਬੂਥ, ਵੇਵ ਮਾਲ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਗੇਟ ਨੰਬਰ 1, ਆਰਤੀ ਚੌਕ, ਭਾਰਤ ਨਗਰ ਚੌਕ ਅਤੇ ਗੁਰੂ ਨਾਨਕ ਸਟੇਡੀਅਮ ਤੋਂ ਹੁੰਦੀ ਹੋਈ ਸਮਾਪਤ ਹੋਈ।
ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਨੇ ਕਿਹਾ ਕਿ ਇਹ ਆਮ ਲੋਕਾਂ ਵਿੱਚ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇੱਕ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਸਵੀਪ ਪ੍ਰੋਗਰਾਮ ਤਹਿਤ 1 ਜੂਨ ਨੂੰ ਲੋਕਤੰਤਰ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾ ਰਹੇ ਹਨ।
ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਲੋਕਤੰਤਰ ਤਾਂ ਹੀ ਸਫਲ ਹੋ ਸਕਦਾ ਹੈ ਜੇਕਰ ਸਾਰੇ ਭਾਈਵਾਲ ਖਾਸ ਕਰਕੇ ਨੌਜਵਾਨ ਵੋਟਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਚੋਣ ਪ੍ਰਕਿਰਿਆ ਵਿੱਚ ਹਿੱਸਾ ਲੈਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦਾ ਉਦੇਸ਼ ਲੋਕ ਸਭਾ ਚੋਣਾਂ-2024 ਦੌਰਾਨ ਵੱਧ ਤੋਂ ਵੱਧ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਅਤੇ ਲੋਕ ਸਭਾ ਚੋਣਾਂ ਦੌਰਾਨ 70 ਫੀਸਦ (ਇਸ ਵਾਰ, 70 ਪਾਰ) ਤੋਂ ਵੱਧ ਮਤਦਾਨ ਦੇ ਟੀਚੇ ਨੂੰ ਪ੍ਰਾਪਤ ਕਰਨਾ ਹੈ।