ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ-ਵਿਧਾਇਕ ਵਿਜੈ ਸਿੰਗਲਾ

ਮਾਨਸਾ , 02 ਮਾਰਚ | ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਆਮ ਆਦਮੀ ਕਲੀਨਿਕ ਪੰਜਾਬ ਸਰਕਾਰ ਦਾ ਅਹਿਮ ਉਪਰਾਲਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਨਸ਼ਾ ਛੁਡਾਊ ਅਤੇ ਮੁੜ ਵਸੇਵਾ ਕੇਂਦਰ ਠੂਠਿਆਂਵਾਲੀ ਰੋਡ ਮਾਨਸਾ ਅਤੇ ਭੀਖੀ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੀ ਮੌਜੂਦ ਸਨ।
ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ 15 ਆਮ ਆਦਮੀ ਕਲੀਨਿਕ ਪਹਿਲਾਂ ਤੋਂ ਹੀ ਕੰਮ ਕਰ ਰਹੇ ਹਨ। ਹੁਣ 6 ਨਵੇਂ ਆਮ ਆਦਮੀ ਕਲੀਨਿਕਾਂ ਦੇ ਖੁੱਲ੍ਹਣ ਨਾਲ ਜ਼ਿਲ੍ਹੇ ਵਿਚ ਕੁੱਲ 21 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਇੰਨ੍ਹਾਂ ਕਲੀਨਿਕਾਂ ਰਾਹੀਂ ਲੋਕਾਂ ਨੂੰ ਮੁਫਤ ਡਾਕਟਰੀ ਸਹਾਇਤਾ ਦੇ ਨਾਲ ਨਾਲ ਮੁਫਤ ਦਵਾਈਆਂ ਅਤੇ ਲੈਬ ਟੈਸਟ ਦੀ ਸੁਵਿਧਾ ਉਪਲੱਬਧ ਹੋਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਅੰਦਰ ਦਵਾਈਆਂ ਅਤੇ ਸਟਾਫ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਐਸ.ਡੀ.ਐਮ. ਮਾਨਸਾ ਸ੍ਰ ਮਨਜੀਤ ਸਿੰਘ ਰਾਜਲਾ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਸੀਨੀਅਰ ਮੈਡੀਕਲ ਅਫਸਰ ਡਾ.ਬਲਜੀਤ ਕੌਰ ਮੈਡੀਕਲ ਅਫਸਰ ਡਾਕਟਰ ਪ੍ਰਵੀਨ ਕੁਮਾਰ ਹਾਜਰ ਸਨ ।