ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ : ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ

ਪਟਿਆਲਾ , 23 ਜੂਨ | ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ‘ਚ ਪਟਿਆਲਾ ਜ਼ਿਲ੍ਹੇ ਦੇ ਵਸਨੀਕਾਂ ਨੂੰ ਮੁਹਿੰਮ ਦਾ ਹਿੱਸਾ ਬਣਾਉਣ ਲਈ ਪਟਿਆਲਾ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਤੇ ਐਸ.ਐਸ.ਪੀ  ਵਰੁਣ ਸ਼ਰਮਾ ਵੱਲੋਂ ਅੱਜ ਪੁਲਿਸ ਲਾਈਨ ਪਟਿਆਲਾ ਤੋਂ ‘ਮਿਸ਼ਨ ਸਹਿਯੋਗ’ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਪਟਿਆਲਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਪਤਵੰਤਿਆਂ ਨੇ ਉੱਚ ਪੁਲਿਸ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ‘ਚੋਂ ਨਸ਼ਿਆਂ ਦਾ ਪੂਰਨ ਸਫਾਇਆ ਕਰਨ ਦਾ ਅਹਿਦ ਲਿਆ।
ਜ਼ਿਕਰਯੋਗ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ ਕਾਰਵਾਈ ਤਹਿਤ ਪੰਜਾਬ ਪੁਲਿਸ ਵੱਲੋਂ ‘ਰੋਕਥਾਮ’ ਦੇ ਹਿੱਸੇ ਵਜੋਂ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਅਤੇ ਨਸ਼ਿਆਂ ਵਿਰੁੱਧ ਜੰਗ ਵਿੱਚ ਆਮ ਲੋਕਾਂ ਦਾ ਸਹਿਯੋਗ ਲੈਣ ਲਈ ਜਨਤਕ ਬੈਠਕਾਂ ਕੀਤੀਆਂ ਜਾ ਰਹੀਆਂ ਹਨ।
ਮੀਟਿੰਗ ਦੌਰਾਨ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ ਹੈ, ਇਸ ਮਕਸਦ ਨਾਲ ਹੀ ਜ਼ਿਲ੍ਹੇ ‘ਚ ਕਾਸੋ ਅਭਿਆਨ ਦੇ ਨਾਲ ਨਾਲ ‘ਮਿਸ਼ਨ ਸਹਿਯੋਗ’ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਕਿਉਂਕਿ ਨਸ਼ਿਆਂ ਦੇ ਪੂਰਨ ਖਾਤਮੇ ਲਈ ਆਮ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਵੀ ਨਸ਼ਾ ਵੇਚਣ ਵਾਲੇ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰੇ ਅਤੇ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ 15 ਦਿਨਾਂ ਬਾਅਦ ਜ਼ਿਲ੍ਹਾ ਪੱਧਰੀ ਮੀਟਿੰਗ ਕਰਕੇ ਪਹਿਲੀ ਮੀਟਿੰਗ ਦੌਰਾਨ ਮਿਲੇ ਸੁਝਾਆਵਾਂ ‘ਤੇ ਕੀਤੀ ਕਾਰਵਾਈ ਨੂੰ ਵਿਚਾਰਿਆ ਜਾਇਆ ਕਰੇਗਾ।
ਐਸ.ਐਸ.ਪੀ. ਵਰੁਣ ਸ਼ਰਮਾ ਨੇ ਕਿਹਾ ਕਿ ਜ਼ਿਲ੍ਹੇ ‘ਚ ‘ਮਿਸ਼ਨ ਸਹਿਯੋਗ’ ਸ਼ੁਰੂ ਕਰਨ ਦਾ ਮੁੱਖ ਮਕਸਦ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ‘ਮਿਸ਼ਨ ਸਹਿਯੋਗ’ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ‘ਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ  ਕਿਹਾ ਕਿ ਅਜਿਹੀਆਂ ਮੀਟਿੰਗਾ ਸਬ ਡਵੀਜ਼ਨ ਪੱਧਰ, ਬਲਾਕ ਪੱਧਰ ਅਤੇ ਥਾਣਾ ਪੱਧਰ ‘ਤੇ ਵੀ ਕੀਤੀਆਂ ਜਾਣਗੀਆਂ ਤਾਂ ਜੋ ਨਸ਼ਿਆਂ ਖਿਲਾਫ਼ ਇਸ ਜੰਗ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਲਿਆ ਜਾ ਸਕੇ। ਇਸ ਮੌਕੇ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਆਪਣੇ ਸੁਝਾਅ ਵੀ ਦਿੱਤੇ ਗਏ।

ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਆਏ ਪਤਵੰਤਿਆਂ ਨੇ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਪੁਲਿਸ ਲਾਈਨ ਪਟਿਆਲਾ ਵਿਖੇ ‘ਮਿਸ਼ਨ ਸਹਿਯੋਗ’ ਦੀ ਬੈਠਕ ਵਿੱਚ ਸ਼ਾਮਲ ਹੋਣ ਪਟਿਆਲਾ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਤੇ ਸ਼ਹਿਰਾਂ ਤੋਂ ਆਏ ਪਤਵੰਤਿਆਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਸ਼ੁਰੂ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ ‘ਮਿਸ਼ਨ ਸਹਿਯੋਗ’ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਜਾਗਰੂਕਤਾ ਬੈਠਕਾਂ ਲੋਕਾਂ ਅੰਦਰ ਆਤਮਵਿਸ਼ਵਾਸ ਪੈਦਾ ਕਰਦੀਆਂ ਹਨ। ਉਨ੍ਹਾਂ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੰਜਾਬ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

About The Author

You may have missed