ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਕੀਤੀ ਅਪੀਲ, ਕਿਹਾ- 1 ਜੂਨ ਨੂੰ ਵੋਟ ਪਾਉਣ ਜ਼ਰੂਰ ਜਾਓ, ਪਟਿਆਲਾ ਦੀ ਪੋਲਿੰਗ ਮਸ਼ੀਨ ‘ਤੇ 5ਵੇਂ ਨੰਬਰ ‘ਤੇ ਹੋਵੇਗਾ “ਆਪ” ਦਾ ਬਟਨ
ਚੰਡੀਗੜ੍ਹ / ਪਟਿਆਲਾ , 30 ਮਈ | ਪੰਜਾਬ ਵਿੱਚ ਚੋਣ ਪ੍ਰਚਾਰ ਦੇ ਆਖ਼ਰੀ ਦਿਨ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਤੋਂ ‘ਆਪ’ ਉਮੀਦਵਾਰ ਡਾ. ਬਲਬੀਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਲੋਕਾਂ ਨੂੰ 1 ਜੂਨ ਨੂੰ ਵੋਟ ਪਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਸ ਸਮੇਂ ਰਿਕਾਰਡ ਤੋੜ ਗਰਮੀ ਪੈ ਰਹੀ ਹੈ, ਪਰ ਤੁਹਾਡੀ ਵੋਟ ਵੀ ਬਹੁਤ ਜ਼ਰੂਰੀ ਹੈ।
ਪਟਿਆਲਾ ਵਿੱਚ ‘ਆਪ’ ਦੇ ਸੀਨੀਅਰ ਆਗੂਆਂ ਨੇ ਉਮੀਦਵਾਰ ਡਾ. ਬਲਬੀਰ ਸਿੰਘ ਨਾਲ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ ਅਤੇ ਹਜ਼ਾਰਾਂ ਦੀ ਭੀੜ ਨੂੰ ਸੰਬੋਧਨ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜੇਲ੍ਹ ਤੋਂ ਵਾਪਸ ਆਉਣ ਤੋਂ ਬਾਅਦ ਉਹ ਕਈ ਸੂਬਿਆਂ ਦਾ ਦੌਰਾ ਕਰ ਚੁੱਕੇ ਹਨ। ਉਹ ਲੋਕਾਂ ਨੂੰ ਖ਼ੁਸ਼ੀ ਨਾਲ ਦੱਸ ਸਕਦੇ ਹਨ ਕਿ ਇਸ ਵਾਰ ਭਾਜਪਾ ਦੀ ਸਰਕਾਰ ਨਹੀਂ ਬਣ ਰਹੀ। ਉਨ੍ਹਾਂ ਕਿਹਾ ਕਿ ਇੰਡੀਆ ਗੱਠਜੋੜ ਕੇਂਦਰ ਵਿੱਚ ਆਪਣੀ ਸਰਕਾਰ ਬਣਾਏਗਾ ਅਤੇ ‘ਆਪ’ ਦੇ ਇਸ ਸਰਕਾਰ ਵਿੱਚ ਪੰਜਾਬ ਦੇ ਨੁਮਾਇੰਦੇ ਹੋਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀ ਮਾਨ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਦੋ ਸਾਲਾਂ ‘ਚ ਬੇਮਿਸਾਲ ਕੰਮ ਕੀਤੇ ਹਨ। ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਸਕੂਲ ਆਫ਼ ਐਮੀਨੈਂਸ ਅਤੇ ਆਮ ਆਦਮੀ ਕਲੀਨਿਕ ਬਣਾਏ ਜਾ ਰਹੇ ਹਨ।
ਕੇਜਰੀਵਾਲ ਨੇ ਕਿਹਾ ਕਿ ਮੈਂ ਭਾਜਪਾ ਦੀ ਤਾਨਾਸ਼ਾਹੀ ਅਤੇ ਗੁੰਡਾਗਰਦੀ ਨੂੰ ਖਤਮ ਕਰਨ ਲਈ ਤੁਹਾਡੇ ਤੋਂ 13 ਸੀਟਾਂ ਮੰਗ ਰਿਹਾ ਹਾਂ। ਭਾਜਪਾ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ। ਪੰਜਾਬ ਦੇ ਹਜ਼ਾਰਾਂ ਕਰੋੜਾਂ ਰੁਪਏ ਦੇ ਫ਼ੰਡ ਰੁਕੇ ਹੋਏ ਹਨ। ਅਜੇ ਦੋ ਦਿਨ ਪਹਿਲਾਂ ਹੀ ਅਮਿਤ ਸ਼ਾਹ ਨੇ ਪੰਜਾਬ ਦੇ ਲੋਕਾਂ ਨੂੰ ਧਮਕੀ ਦਿੱਤੀ ਸੀ ਕਿ 4 ਜੂਨ ਤੋਂ ਬਾਅਦ ਉਹ ਪੰਜਾਬ ਦੀ ‘ਆਪ’ ਸਰਕਾਰ ਨੂੰ ਡੇਗ ਦੇਣਗੇ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾ ਦੇਣਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੇ ਲੋਕ ਅਜਿਹੀਆਂ ਧਮਕੀਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ ਅਤੇ ਉਨ੍ਹਾਂ ਦੀ ਗੁੰਡਾਗਰਦੀ ਦਾ ਮੂੰਹ ਤੋੜਵਾਂ ਜਵਾਬ ਦੇਣਗੇ।
ਕੇਜਰੀਵਾਲ ਨੇ ਕਿਹਾ ਕਿ ਡਾ. ਬਲਬੀਰ ਸਿੰਘ ਵਰਗਾ ਵਿਅਕਤੀ ਹੀ ਤੁਹਾਡੇ ਕੰਮ ਆਵੇਗਾ, ਮਹਾਰਾਜ ਅਤੇ ਮਹਾਰਾਣੀ ਕਿਸੇ ਕੰਮ ਦੇ ਨਹੀਂ ਹਨ। ਉਹ ਆਮ ਲੋਕਾਂ ਲਈ ਕੁਝ ਨਹੀਂ ਕਰਦੇ, ਉਨ੍ਹਾਂ ਕਿਹਾ ਕਿ ਜੇਕਰ ਪਟਿਆਲਾ ਦੇ ਲੋਕ ਰਾਤ ਦੇ 2 ਵਜੇ ਵੀ ਡਾ.ਬਲਬੀਰ ਨੂੰ ਫ਼ੋਨ ਕਰਨਗੇ ਤਾਂ ਉਹ ਉਨ੍ਹਾਂ ਦੀ ਮਦਦ ਕਰਨਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਡਾ.ਬਲਬੀਰ ਨੂੰ ਪਟਿਆਲਾ ਤੋਂ ਭਾਰੀ ਵੋਟਾਂ ਨਾਲ ਜਿਤਾਉਣ।