ਗਰੀਨ ਲੈਂਡ ਸਕੂਲ ਬਰੇਟਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ

ਮਾਨਸਾ , 31 ਜਨਵਰੀ | ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸੜ੍ਹਕਾਂ ’ਤੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਸਿਵਲ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਏ.ਐਸ.ਆਈ. ਸ਼੍ਰੀ ਸੁਰੇਸ਼ ਕੁਮਾਰ ਦੀ ਅਗਵਾਈ ਵਿੱਚ ਵਿੱਦਿਅਕ ਅਦਾਰਿਆਂ ਅਤੇ ਜਨਤਕ ਥਾਵਾਂ ’ਤੇ ਕੈਂਪ ਲਗਾ ਕੇ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਟੈ੍ਰਫ਼ਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ।
ਇਸ ਮੁਹਿੰਮ ਤਹਿਤ ਗਰੀਨ ਲੈਂਡ ਸਕੂਲ, ਬਰੇਟਾ ਵਿਖੇ ਲਗਾਏ ਸੈਮੀਨਾਰ ਦੌਰਾਨ ਸਕੂਲੀ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਕਰਵਾਉਂਦਿਆਂ ਏ.ਐਸ.ਆਈ. ਸੁਰੇਸ਼ ਕੁਮਾਰ ਨੇ ਕਿਹਾ ਕਿ ਸੜ੍ਹਕੀ ਹਾਦਸਿਆਂ ਨੂੰ ਰੋਕਣ ਲਈ ਆਵਾਜਾਈ ਦੇ ਨਿਯਮਾਂ ਦੀ ਜਾਣਕਾਰੀ ਹੋਣੀ ਬਹੁਤ ਜ਼ਰੂਰੀ ਹੈ। ਕੋਈ ਵੀ ਵਹੀਕਲ ਚਲਾਉਣ ਸਮੇਂ ਆਪਣੀ ਤੇ ਦੂਸਰਿਆਂ ਦੀ ਸੁਰੱਖਿਆ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਸਾਡਾ ਮੁੱਢਲਾ ਫਰਜ਼ ਹੈ।
ਉਨ੍ਹਾਂ ਦੱਸਿਆ ਕਿ ਸਾਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਹੈਲਮੇਟ ਅਤੇ ਚਾਰ ਪਹੀਆ ਵਾਹਨ ਚਲਾਉਣ ਸਮੇਂ ਸੀਟ ਬੈਲਟ ਦੀ ਵਰਤੋਂ ਜ਼ਰੂਰ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਹੈਲਮੇਟ ਅਤੇ ਸੀਟ ਬੈਲਟ ਦੀ ਵਰਤੋਂ ਕਰਨ ਨਾਲ ਕਾਫੀ ਹੱਦ ਤੱਕ ਸੁਰੱਖਿਆ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਡਰਾਈਵਿੰਗ ਕਰਦੇ ਸਮੇਂ ਸਹਿਜਤਾ ਵਰਤਣੀ ਅਤੇ ਸੁਚੇਤ ਰਹਿਣਾ ਅਤੀ ਲਾਜ਼ਮੀ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੇ ਹਾਦਸੇ ਤੋਂ ਬਚਿਆ ਜਾ ਸਕੇ।

About The Author

You may have missed

error: Content is protected !!