ਪੰਜਾਬ ਵਿੱਚ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਨਹਿਰਾਂ ਅਤੇ ਖਾਲਿਆਂ ਨੂੰ ਮਜ਼ਬੂਤ ਕੀਤਾ ਜਾਵੇਗਾ: ਚੇਤਨ ਸਿੰਘ ਜੌੜਾਮਾਜਰਾ पंजाब में नहरी पानी के बुनियादी ढांचे नहरों और नालों को मज़बूत किया जायेगा: चेतन सिंह जौड़ामाजरा
ਫਾਜ਼ਿਲਕਾ , 20 ਫਰਵਰੀ | ਪੰਜਾਬ ਦੇ ਜਲ ਸਰੋਤ ਅਤੇ ਬਾਗਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇੱਥੇ ਬੱਲੂਆਣਾ ਹਲਕੇ ਦੇ ਪਿੰਡ ਆਜ਼ਮਵਾਲਾ ਵਿਖੇ ਨਵੀਂ ਬਣਨ ਵਾਲੀ ਆਜ਼ਮਵਾਲਾ ਮਾਈਨਰ ਦੇ ਕੰਮ ਦਾ ਨੀਹ ਪੱਥਰ ਰੱਖਿਆ। ਸਾਢੇ 9 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ 13.41 ਕਿਲੋਮੀਟਰ ਲੰਮੇ ਇਸ ਮਾਈਨਰ ਨਾਲ 13,685 ਏਕੜ ਤੋਂ ਵੱਧ ਰਕਬੇ ਨੂੰ ਸਿੰਜਾਈ ਲਈ ਪਾਣੀ ਮਿਲੇਗਾ ਅਤੇ ਟੇਲਾਂ ਤੱਕ ਪੂਰਾ ਪਾਣੀ ਪਹੁੰਚਣਾ ਯਕੀਨੀ ਬਣੇਗਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਨਹਿਰੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 14 ਹਜ਼ਾਰ ਕਿਲੋਮੀਟਰ ਲੰਬੇ ਨਹਿਰਾਂ ਅਤੇ ਖਾਲਿਆਂ ਦੀ ਬਹਾਲੀ ਕੀਤੀ ਗਈ ਹੈ ਜਾਂ ਉਨ੍ਹਾਂ ਨੂੰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਆਖਿਆ ਕਿ ਜੇਕਰ ਨਹਿਰੀ ਪਾਣੀ ਦੀ ਵਰਤੋਂ ਜ਼ਿਆਦਾ ਕੀਤੀ ਜਾਵੇ ਤਾਂ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕਦਾ ਹੈ ਅਤੇ ਖੇਤੀ ਵਿੱਚ ਵਰਤੀ ਜਾਂਦੀ ਬਿਜਲੀ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਤੁਪਕਾ ਸਿੰਜਾਈ ਪ੍ਰਣਾਲੀ ਅਪਣਾਉਣ ਦਾ ਸੱਦਾ ਵੀ ਦਿੱਤਾ ਜਿਸ ਲਈ ਪੰਜਾਬ ਸਰਕਾਰ ਸਬਸਿਡੀ ਵੀ ਦੇ ਰਹੀ ਹੈ।
ਕੈਬਨਿਟ ਮੰਤਰੀ ਨੇ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਿੱਥੇ ਮੈਰਿਟ ਆਧਾਰ ‘ਤੇ 40 ਹਜ਼ਾਰ ਨੌਕਰੀਆਂ ਦਿੱਤੀਆਂ ਹਨ, ਉਥੇ ਹੀ ਹਰ ਵਰਗ ਦੀ ਭਲਾਈ ਲਈ ਸਕੀਮ ਬਣਾ ਕੇ ਲਾਗੂ ਕੀਤੀ ਹੈ।
ਇਸ ਤੋਂ ਪਹਿਲਾਂ ਹਲਕਾ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕੈਬਨਿਟ ਮੰਤਰੀ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹਲਕਾ ਬੱਲੂਆਣਾ ਵਿੱਚ 800 ਕਰੋੜ ਤੋਂ ਜ਼ਿਆਦਾ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਇਲਾਕੇ ਵਿੱਚ ਨਹਿਰੀ ਪਾਣੀ ਦੀ ਮੁੱਖ ਮੰਗ ਸੀ ਜਿਸ ਨੂੰ ਪੰਜਾਬ ਸਰਕਾਰ ਵੱਲੋਂ ਬਾਖੂਬੀ ਪੂਰਾ ਕੀਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਇਸ ਮੌਕੇ ਕਿੰਨੂੰ ਬਾਗਬਾਨਾਂ ਦੀ ਗੱਲ ਕਰਦਿਆਂ ਆਖਿਆ ਕਿ ਇਸ ਵਾਰ ਕਿੰਨੂ ਦੀ ਬੰਪਰ ਫਸਲ ਹੈ ਅਤੇ ਜਿਆਦਾ ਉਤਪਾਦਨ ਹੋਣ ਕਾਰਨ ਕਿਸਾਨਾਂ ਨੂੰ ਪੂਰੀ ਕੀਮਤ ਨਹੀਂ ਮਿਲ ਰਹੀ ਸੀ । ਜਿਸ ਦੇ ਮੱਦੇਨਜ਼ਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਐਗਰੋ ਰਾਹੀਂ ਕਿੰਨੂ ਦੀ ਖਰੀਦ ਸ਼ੁਰੂ ਕਰਕੇ ਮਿਡ ਡੇ ਮੀਲ ਵਿੱਚ ਕਿੰਨੂ ਭੇਜਿਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਉਹਨਾਂ ਦੀ ਫਸਲ ਦੀ ਪੂਰੀ ਕੀਮਤ ਮਿਲ ਸਕੇ।
ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਸੁਨੀਲ ਸਚਦੇਵਾ, ਚੇਅਰਮੈਨ ਮਾਰਕੀਟ ਕਮੇਟੀ ਗਿੱਦੜਵਾਹਾ ਸ੍ਰੀ ਪ੍ਰਿਤਪਾਲ ਸ਼ਰਮਾ, ਜ਼ਿਲਾ ਯੋਜਨਾ ਬੋਰਡ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਖਜਿੰਦਰ ਸਿੰਘ ਕੌਣੀ, ਸ੍ਰੀ ਧਰਮਵੀਰ ਗੋਦਾਰਾ, ਸ੍ਰੀਮਤੀ ਪੂਜਾ ਲੂਥਰਾ, ਤੇਜਬੀਰ ਸਿੰਘ ਬਰਾੜ ਸਮੇਤ ਸਿੰਜਾਈ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਸ੍ਰੀ ਸੁਖਜੀਤ ਸਿੰਘ ਤੋਂ ਇਲਾਵਾ ਉਨ੍ਹਾਂ ਦੇ ਵਿਭਾਗੀ ਅਧਿਕਾਰੀ ਵੀ ਹਾਜ਼ਰ ਸਨ। ਇਲਾਕੇ ਦੇ ਕਿਸਾਨਾਂ ਨੇ ਇਸ ਨਹਿਰ ਦੇ ਨਵੀਨੀਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਸਿੰਜਾਈ ਮੰਤਰੀ ਸ. ਚੇਤਨ ਸਿੰਘ ਜੌੜਾ ਮਾਜਰਾ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।