ਮੁੱਖ ਮੰਤਰੀ ਤੀਰਥ ਯਾਤਰਾ ਸਕੀਮ – ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਸਕੀਮ ਦਾ ਲਿਆ ਜਾ ਰਿਹਾ ਭਰਪੂਰ ਲਾਹਾ – ਵਿਧਾਇਕ ਹਾਕਮ ਸਿੰਘ ਠੇਕੇਦਾਰ

ਲੁਧਿਆਣਾ, 11 ਜਨਵਰੀ | ਵਿਧਾਨ ਸਭਾ ਹਲਕਾ ਰਾਏਕੋਟ ਦੇ ਵਸਨੀਕਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਦਾ ਭਰਪੂਰ ਲਾਹਾ ਲਿਆ ਜਾ ਰਿਹਾ ਹੈ ਜਿਸਦੇ ਤਹਿਤ ਵਿਧਾਇਕ ਹਾਕਮ ਸਿੰਘ ਠੇਕੇਦਾਰ ਵਲੋਂ ਸ਼ਰਧਾਲੂਆਂ ਦਾ ਇੱਕ ਹੋਰ ਜੱਥਾ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਰਵਾਨਾ ਕੀਤਾ ਗਿਆ।

ਬਲਾਕ ਸੁਧਾਰ ਅਧੀਨ ਪਿੰਡ ਰੱਤੋਵਾਲ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਰਵਾਨਾ ਕਰਨ ਮੌਕੇ, ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ-ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਅੱਗੇ ਦੱਸਿਆ ਕਿ ਧਾਰਮਿਕ ਸਥਾਨਾਂ ਦੇ ਚਾਹਵਾਨ ਸ਼ਰਧਾਲੂ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਉਨ੍ਹਾਂ ਦੇ ਦਫ਼ਤਰ ਜਾਂ ਐੱਸ ਡੀ ਐੱਮ ਦਫ਼ਤਰ ਵਿਖੇ ਜਮ੍ਹਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਵਿਸ਼ੇਸ਼ ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਉਨ੍ਹਾਂ ਹਲਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ‘ਤੇ ਯਕੀਨੀ ਬਣਾਉਣ।

About The Author

You may have missed