ਮੁੱਖ ਮੰਤਰੀ ਤੀਰਥ ਯਾਤਰਾ ਸਕੀਮ- – ਤਲਵੰਡੀ ਸਾਬੋ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਰਵਾਨਾ

0

ਹੁਸ਼ਿਆਰਪੁਰ , 18 ਦਸੰਬਰ | ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮਤਹਿਤ ਅੱਜ ਹਲਕਾ ਮੁਕੇਰੀਆਂ ਦੇ ਹਲਕਾ ਇੰਚਾਰਜ ਪ੍ਰੋ. ਜੀ.ਐਸ ਮੁਲਤਾਨੀ ਵੱਲੋਂ

ਤਲਵੰਡੀ ਸਾਬੋ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਮੁਕੇਰੀਆਂ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਚੇਅਰਮੈਨ ਮਾਰਕੀਟ ਕਮੇਟੀ ਹਰਜੀਤ ਸਿੰਘ ਸਹੋਤਾ, ਤਹਿਸੀਲਦਾਰ ਮੁਕੇਰੀਆਂ ਅਮ੍ਰਿਤਬੀਰ ਸਿੰਘ ਵੀ ਹਾਜ਼ਰ ਸਨ।

ਹਲਕਾ ਇੰਚਾਰਜ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਮੁਕੇਰੀਆਂ ਵਿਧਾਨ ਸਭਾ ਹਲਕੇ ਦੇ ਲੋਕ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਹੈ, ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਤੀਰਥ ਯਾਤਰਾ ਤੇ ਜਾਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਸੂਬੇ ਭਰ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਮੁਕੇਰੀਆਂ ਤੋਂ ਤਲਵੰਡੀ ਸਾਬੋ ਅਤੇ ਸ਼੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਜੀ.ਐਸ ਮੁਲਤਾਨੀ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਮਿਲੇਗਾ। । ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੀ ਯਾਤਰਾ ਕਰਨ ਲਈ ਮੁਫਤ ਯਾਤਰਾ ਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ, ਜਿਸ ਵਿਚ ਉਨ੍ਹਾਂ ਦੇ ਸਫ਼ਰ, ਰਿਹਾਇਸ਼ ਅਤੇ ਖਾਣ-ਪੀਣ ਦੇ ਸਾਰੇ ਖ਼ਰਚੇ ਸ਼ਾਮਿਲ ਹਨ।

ਪ੍ਰੋ. ਜੀ.ਐਸ ਮੁਲਤਾਨੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੁੱਧਿਆ ਅਤੇ ਵਰਿੰਦਾਵਨ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀਆਂ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਇਸ ਤੀਰਥ ਯਾਤਰਾ ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਛੋਟੀ ਦੂਰੀ ਲਈ ਸੜਕ ਮਾਰਗ ਰਾਹੀਂ ਏ.ਸੀ ਬੱਸਾਂ ਰਾਹੀਂ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੋ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸ ਮੌਕੇ ਗੁਲਸ਼ਨ ਕੁਮਾਰ, ਕੌਂਸਲਰ ਮਾਸਟਰ ਸੇਵਾ ਸਿੰਘ, ਸੰਦੀਪ ਟੀਮਾ, ਬਲਵਿੰਦਰ ਸਿੰਘ ਸੋਨੀ, ਰਿੰਕੂ ਬਾਜਵਾ, ਅਮਿਤ ਕੁਮਾਰ, ਗੁਰਪ੍ਰੀਤ ਗੋਪੀ, ਗੁਰਮੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

About The Author

Leave a Reply

Your email address will not be published. Required fields are marked *

You may have missed