ਡਿਪਟੀ ਕਮਿਸ਼ਨਰ ਵਲੋਂ ਲੋਕ ਨਿਰਮਾਣ ਵਿਭਾਗ ਨੂੰ ਲੰਮਾ ਪਿੰਡ-ਜੰਡੂ ਸਿੰਘਾ ਰੋਡ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਨੂੰ ਨਵੰਬਰ 2025 ਤੱਕ ਮੁਕੰਮਲ ਕਰਨ ਦੇ ਨਿਰਦੇਸ਼

(Rajinder Kumar) ਜਲੰਧਰ, 14 ਅਕਤੂਬਰ | ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ.) ਨੂੰ ਹਦਾਇਤ ਕੀਤੀ ਕਿ ਲੰਮਾ ਪਿੰਡ-ਜੰਡੂ ਸਿੰਘਾ ਰੋਡ ਨੂੰ ਚਹੁੰ ਮਾਰਗੀ ਕਰਨ ਦੇ ਕੰਮ ਨੂੰ ਨਵੰਬਰ 2025 ਦੇ ਆਖੀਰ ਤੱਕ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜਲੰਧਰ ਅਤੇ ਹੁਸ਼ਿਆਰਪੁਰ ਵਿਚਕਾਰ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਸੁਚਾਰੂ ਅਤੇ ਸੁਰੱਖਿਅਤ ਮਾਰਗ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਸੜਕ ਦੇ ਬਾਕੀ ਰਹਿੰਦੇ ਕੰਮ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।
ਡਾ.ਅਗਰਵਾਲ ਨੇ ਦੱਸਿਆ ਕਿ 11.80 ਕਰੋੜ ਰੁਪਏ ਦੀ ਲਾਗਤ ਨਾਲ 5 ਕਿਲੋਮੀਟਰ ਲੰਬੇ ਸੜਕੀ ਹਿੱਸੇ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਦੋ ਸ਼ਹਿਰਾਂ ਵਿਚਕਾਰ ਸਿੱਧੀ ਅਤੇ ਸੁਚਾਰੂ ਆਵਾਜਾਈ ਯਕੀਨੀ ਬਣਨ ਸਦਕਾ ਨਾਗਰਿਕਾਂ ਅਤੇ ਯਾਤਰੀਆਂ ਨੂੰ ਬਹੁਤ ਲਾਭ ਹੋਵੇਗਾ ਅਤੇ ਉਨ੍ਹਾਂ ਨੂੰ ਰਾਮਾ ਮੰਡੀ ਚੌਕ ਜਾਣ ਦੀ ਲੋੜ ਨਹੀਂ ਪਵੇਗੀ।
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਸੜਕ ਦੇ ਬੇਸ ਦਾ ਕੰਮ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ ਅਤੇ ਬਿਟੂਮੈਨ ਦਾ ਕੰਮ ਜਲਦ ਸ਼ੁਰੂ ਹੋ ਜਾਵੇਗਾ। ਸੜਕ ਦੇ ਡਿਵਾਈਡਰ ਦਾ ਕੰਮ ਪਹਿਲਾਂ ਹੀ ਚੱਲ ਰਿਹਾ ਹੈ ਅਤੇ ਇਸ ਦੇ ਜਲਦ ਮੁਕੰਮਲ ਹੋਣ ਦੀ ਉਮੀਦ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਹਦਾਇਤਾਂ ਦਾ ਮੁੱਖ ਮੰਤਵ ਪ੍ਰਾਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣਾ ਹੈ, ਜਿਸ ਨਾਲ ਇਸ ਖੇਤਰ ਵਿੱਚ ਯਾਤਰੀਆਂ ਦੀ ਸੁਵਿਧਾ ਅਤੇ ਆਵਾਜਾਈ ਬਿਹਤਰ ਹੋਵੇਗੀ।