ਪੁਲਿਸ ਵਿਭਾਗ ਨੂੰ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਜਲਦ ਗਿ੍ਫ਼ਤਾਰ ਕਰਨ ਦੇ ਨਿਰਦੇਸ਼ ਦਿੱਤੇ
ਹੁਸ਼ਿਆਰਪੁਰ , 23 ਜੂਨ | ਹੁਸ਼ਿਆਰਪੁਰ ਦੇ ਸਰਾਂਫਾ ਬਾਜ਼ਾਰ ਵਿੱਚ ਐਤਵਾਰ ਸਵੇਰੇ ਇੱਕ ਜਿਊਲਰਜ਼ ਦੀ ਦੁਕਾਨ ’ਤੇ ਵਾਪਰੀ ਲੁੱਟ ਦੀ ਘਟਨਾ ਦਾ ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੌਰਾ ਕਰਕੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਘਟਨਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਲੁੱਟ ਦੀ ਘਟਨਾ ਤੋਂ ਪ੍ਰਭਾਵਿਤ ਦੁਕਾਨਦਾਰਾਂ ਅਤੇ ਸਥਾਨਕ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਦੋਸ਼ੀਆਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਨੂੰਨ ਦੇ ਸ਼ਿਕੰਜੇ ਵਿੱਚ ਲਿਆਂਦਾ ਜਾਵੇਗਾ।
ਇਸ ਦੌਰਾਨ ਪੁਲਿਸ ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਘਟਨਾ ਦੀ ਹੁਣ ਤੱਕ ਦੀ ਜਾਂਚ ਅਤੇ ਦੋਸ਼ੀਆਂ ਦੀ ਭਾਲ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ। ਕੈਬਨਿਟ ਮੰਤਰੀ ਨੇ ਪੁਲਿਸ ਵਿਭਾਗ ਨੂੰ ਜਾਂਚ ਵਿੱਚ ਤੇਜ਼ੀ ਲਿਆਉਣ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਅਤੇ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਮੁੜ ਨਾ ਵਾਪਰਨ, ਇਸ ਲਈ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਜਨਤਾ ਦੀ ਸੁਰੱਖਿਆ ਲਈ ਹਰ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੀਆਂ ਅਪਰਾਧਿਕ ਗਤੀਵਿਧੀਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਲਈ ਹਰ ਸੰਭਵ ਕਦਮ ਚੁੱਕੇਗੀ।
ਕੈਬਨਿਟ ਮੰਤਰੀ ਨੇ ਵਪਾਰੀਆਂ ਅਤੇ ਜਨਤਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸੁਰੱਖਿਆ ਸਰਕਾਰ ਦੀ ਤਰਜੀਹ ਹੈ ਅਤੇ ਬਾਜ਼ਾਰ ਵਿੱਚ ਪੁਲਿਸ ਗਸ਼ਤ ਨੂੰ ਹੋਰ ਸਖ਼ਤ ਕੀਤਾ ਜਾਵੇਗਾ। ਇਸ ਦੌਰਾਨ ਸਥਾਨਕ ਲੋਕ ਨੁਮਾਇੰਦਿਆਂ ਨੇ ਵੀ ਬਾਜ਼ਾਰ ਦੀਆਂ ਸਮੱਸਿਆਵਾਂ ਅਤੇ ਲੋੜਾਂ ਬਾਰੇ ਮੰਤਰੀ ਨੂੰ ਜਾਣੂ ਕਰਵਾਇਆ। ਬ੍ਰਮ ਸ਼ੰਕਰ ਜਿੰਪਾ ਨੇ ਭਰੋਸਾ ਦਿਵਾਉਂਦਿਆਂ ਕਿਹਾ ਕਿ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ ਅਤੇ ਸ਼ਹਿਰ ਵਿੱਚ ਸੁਰੱਖਿਆ ਅਤੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਂਸਲਰ ਪ੍ਰਦੀਪ ਕੁਮਾਰ ਬਿੱਟੂ, ਸਵਰਨਕਾਰ ਸੰਘ ਹੁਸ਼ਿਆਰਪੁਰ ਦੇ ਪ੍ਰਧਾਨ ਸੁਸ਼ੀਲ ਕੁਮਾਰ ਪਡਿਆਲ, ਅਜੈ ਵਰਮਾ, ਸੁਰਦਰਸ਼ਨ ਧੀਰ, ਮਿੰਟੂ ਕੌਸ਼ਲ ਅਤੇ ਹੋਰ ਸਥਾਨਕ ਦੁਕਾਨਦਾਰ ਵੀ ਹਾਜ਼ਰ ਸਨ।