ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਮਾਨਸਾ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਸ਼ਹਿਰ ਅੰਦਰ ਫਲੈਗ ਮਾਰਚ ਕੱਢਿਆ
![](https://timespunjab.com/wp-content/uploads/2024/04/IMG_0825-1024x682.jpeg)
ਮਾਨਸਾ , 01 ਅਪ੍ਰੈਲ | ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਮਾਨਸਾ ਪੁਲਿਸ ਅਤੇ ਪੈਰਾ ਮਿਲਟਰੀ ਫੋਰਸ ਵੱਲੋਂ ਫਲੈਗ ਮਾਰਚ ਕੱਢਿਆ ਗਿਆ। ਇਸ ਮੌਕੇ ਕਪਤਾਨ ਪੁਲਿਸ (ਸਥਾਨਕ) ਸ੍ਰੀ ਜਸਕੀਰਤ ਸਿੰਘ ਆਹੀਰ ਅਤੇ ਉਪ ਕਪਤਾਨ ਪੁਲਿਸ ਸਬ-ਡਵੀਜਨ ਸ੍ਰੀ ਗੁਰਪ੍ਰੀਤ ਸਿੰਘ ਪੀ.ਪੀ.ਐਸ ਨੇ ਵੀ ਸ਼ਮੂਲੀਅਤ ਕੀਤੀ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਦੱਸਿਆ ਕਿ ਫਲੈਗ ਮਾਰਚ ਦਾ ਮੁੱਖ ਮਕਸਦ ਜ਼ਿਲ੍ਹੇ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਦੇ ਹੋਏ ਲੋਕ ਸਭਾ ਚੋਣਾਂ-2024 ਨੂੰ ਨਿਰਵਿਘਨ ਨੇਪਰੇ ਚਾੜ੍ਹਨਾ ਹੈ। ਉਨ੍ਹਾਂ ਕਿਹਾ ਕਿ 100 ਫ਼ੀਸਦੀ ਅਸਲਾ ਜਮ੍ਹਾਂ ਕਰਵਾਉਣ ਦੇ ਮੰਤਵ ਨਾਲ ਜ਼ਿਲ੍ਹੇ ਦੇ ਅਸਲਾ ਲਾਇਸੰਸਦਾਰਾਂ ਦਾ ਰਹਿੰਦਾ ਅਸਲਾ ਜਮ੍ਹਾਂ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਮਾੜੇ ਅਤੇ ਸ਼ਰਾਰਤੀ ਅਨਸਰਾਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਹੁਣ ਤੱਕ ਅਜਿਹੇ 121 ਵਿਅਕਤੀਆਂ ਖਿਲਾਫ਼ ਕਾਰਵਾਈ ਕੀਤੀ ਗਈ ਹੈ। ਇਸ ਦੇ ਨਾਲ-ਨਾਲ ਲੋਕਾਂ ਨੂੰ ਮਤਦਾਨ ਕਰਨ ਲਈ ਸੁਚੇਤ ਕਰਨ ਅਤੇ ਆਪਣੀ ਵੋਟ ਦਾ ਬਿਨ੍ਹਾਂ ਕਿਸੇ ਡਰ-ਭੈਅ ਅਤੇ ਲਾਲਚ ਤੋਂ ਇਸਤੇਮਾਲ ਕਰਨ ਲਈ ਜਾਗਰੂਕ ਕੀਤਾ ਜਾ ਰਿਹਾ ਹੈ।