ਡਿਪਟੀ ਕਮਿਸ਼ਨਰ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ
ਅਬੋਹਰ / ਫਾਜ਼ਿਲਕਾ , 10 ਮਈ | ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਆਈਏਐਸ ਅਤੇ ਐਸਐਸਪੀ ਡਾਕਟਰ ਪ੍ਰਗਿਆ ਜੈਨ ਆਈਪੀਐਸ ਨੇ ਅੱਜ ਸ੍ਰੀ ਗੰਗਾਨਗਰ ਨਾਲ ਲੱਗਦੇ ਸਰਹੱਦੀ ਨਾਕਿਆਂ ਦੀ ਚੈਕਿੰਗ ਕੀਤੀ। ਇਸ ਮੌਕੇ ਉਨਾਂ ਨੇ ਰਾਜਸਥਾਨ ਵਾਲੇ ਪਾਸੇ ਸਾਧੂ ਵਾਲਾ ਚੈੱਕ ਪੋਸਟ ਤੇ ਰਾਜਸਥਾਨ ਪੁਲਿਸ ਦੇ ਉੱਚ ਅਧਿਕਾਰੀਆਂ ਸਮੇਤ ਚੈਕਿੰਗ ਕੀਤੀ ਜਦਕਿ ਗੁੰਮਜਾਲ ਜੋ ਕਿ ਪੰਜਾਬ ਦਾ ਆਖਰੀ ਨਾਕਾ ਹੈ ਵਿਖੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਚੈਕਿੰਗ ਕਰਕੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਅੰਤਰਰਾਜੀ ਸਰਹੱਦਾਂ ਤੇ ਪੂਰੀ ਚੌਕਸੀ ਰੱਖੀ ਜਾ ਰਹੀ ਹੈ। ਐਸਐਸਪੀ ਡਾ ਪ੍ਰਗਿਆ ਜੈਨ ਨੇ ਇਸ ਮੌਕੇ ਸੁਰੱਖਿਆ ਸਟਾਫ ਨੂੰ ਸਖਤ ਹਦਾਇਤ ਕੀਤੀ ਕਿ ਸਰਹੱਦ ਤੋਂ ਕੋਈ ਵੀ ਵਾਹਨ ਬਿਨਾਂ ਚੈਕਿੰਗ ਦੇ ਨਾ ਜਾਵੇ ਅਤੇ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਤਾਂ ਜੋ ਸਰਹੱਦ ਪਾਰੋਂ ਕਿਸੇ ਤਰ੍ਹਾਂ ਦੀ ਵੀ ਅਜਿਹੀ ਸਮੱਗਰੀ ਨਾ ਆਵੇ ਜੋ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੀ ਹੋਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਅਮਰਿੰਦਰ ਸਿੰਘ ਮੱਲ੍ਹੀ ਅਤੇ ਡੀਐਸਪੀ ਅਰੁਣ ਮੁੰਡਨ ਵੀ ਹਾਜ਼ਰ ਸਨ। ਇਸ ਤੋਂ ਬਾਅਦ ਉਹਨਾਂ ਨੇ ਬਾਹਰਲੇ ਸੂਬਿਆਂ ਤੋਂ ਲੋਕ ਸਭਾ ਚੋਣਾਂ ਦੇ ਮੱਦੇ ਨਜ਼ਰ ਆਉਣ ਵਾਲੇ ਕੇਂਦਰੀ ਸੁਰੱਖਿਆ ਬਲਾਂ ਦੇ ਠਹਿਰਾਓ ਲਈ ਕੀਤੇ ਜਾ ਰਹੇ ਇੰਤਜ਼ਾਮਾਂ ਦਾ ਜਾਇਜ਼ਾ ਲੈਣ ਲਈ ਉਨਾਂ ਥਾਵਾਂ ਦਾ ਨਿਰੀਖਣ ਕੀਤਾ ਜਿੱਥੇ ਕੇਂਦਰੀ ਸੁਰੱਖਿਆ ਬਲਾਂ ਨੂੰ ਠਹਿਰਾਇਆ ਜਾਣਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਕੇਂਦਰੀ ਸੁਰੱਖਿਆ ਬਲਾਂ ਨੂੰ ਇੱਥੇ ਠਹਿਰਾਓ ਦੌਰਾਨ ਕੋਈ ਦਿੱਕਤ ਨਾ ਆਵੇ।