ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਟੈਕਨੀਕਲ ਕਾਲਜਾਂ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਉਣ ਦਾ ਐਲਾਨ

ਪਟਿਆਲਾ , 22 ਫਰਵਰੀ | ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਐਲਾਨ ਕੀਤਾ ਹੈ ਕਿ ਕੇਂਦਰ ਅਤੇ ਹਰਿਆਣਾ ਦੀ ਭਾਜਪਾ ਵੱਲੋਂ ਕਿਸਾਨਾਂ ਉਤੇ ਕੀਤੇ ਜਾ ਰਹੇ ਜੁਲਮਾਂ ਦੇ ਚੱਲਦਿਆਂ ਕਿਸਾਨੀ ਮੰਗਾਂ ‘ਚ ਸ਼ਾਮਲ ‘ਐਮ.ਐਸ.ਪੀ. ਦੀ ਲੋੜ ਕਿਉਂ?’ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਰਾਜ ਦੇ ਸਾਰੇ ਤਕਨੀਕੀ ਸਿੱਖਿਆ ਕਾਲਜਾਂ ਦੇ ਫਾਈਨਲ ਸਾਲ ਦੇ ਵਿਦਿਆਰਥੀਆਂ ਦੇ ਐਮ.ਐਸ.ਪੀ. ‘ਤੇ ਲੇਖ ਲਿਖਣ ਦੇ ਮੁਕਾਬਲੇ ਕਰਵਾਏ ਜਾਣਗੇ।
ਅੱਜ ਇੱਥੇ ਪੰਜਾਬ ਰਾਜ ਅੰਤਰ ਪੋਲੀਟੈਕਨਿਕ ਯੁਵਕ ਮੇਲੇ ਦੇ ਦੂਜੇ ਦਿਨ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡਣ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜੇਤੂ ਵਿਦਿਆਰਥੀਆਂ ਨੂੰ 51 ਹਜ਼ਾਰ, 31 ਹਜ਼ਾਰ ਤੇ 21 ਹਜ਼ਾਰ ਰੁਪਏ ਦੇ ਨਗ਼ਦ ਇਨਾਮ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਸੰਦਰਭ ‘ਚ ਅਤੇ ਹਿੰਦੁਸਤਾਨ ਦੇ ਖੇਤੀਬਾੜੀ ਅਰਥਚਾਰੇ ਵਿੱਚ ਐਮ.ਐਸ.ਪੀ. ਦੀ ਮਹੱਤਤਾ ਤੇ ਮੰਗ ਦੀ ਲੋੜ ਬਾਰੇ ਸਭ ਤੋਂ ਬਿਹਤਰ ਲੇਖ ਲਿਖਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਪੰਜਾਬ ਵਿਧਾਨ ਸਭਾ ਵਿਖੇ ਬੁਲਾਕੇ ਕੀਤਾ ਜਾਵੇਗਾ।
ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਸਾਨਾਂ ਦੇ ਚੱਲ ਰਹੇ ਅੰਦੋਲਣ ਦੇ ਸਮਰਥਨ ‘ਚ ਕਿਸਾਨ ਮਜ਼ਦੂਰ ਏਕਤਾ ਦੇ ਨਾਅਰੇ ਨੂੰ ਬੁਲੰਦ ਕਰਦਿਆਂ ਕਿਹਾ ਕਿ ਪੰਜਾਬ ਦੀ ਕਿਸੇ ਹੋਰ ਮਜ਼ਹਬ, ਜਾਂ ਵਿਅਕਤੀ ਨਾਲ ਕੋਈ ਦੁਸ਼ਮਣੀ ਨਹੀਂ ਬਲਕਿ ਸਾਡਾ ਰੋਸ ਧੱਕੇਸ਼ਾਹੀ ਵਿਰੁੱਧ ਹੈ। ਉਨ੍ਹਾਂ ਨੇ ਦੇਸ਼ ਦੀ ਰਾਜਨੀਤੀ ਵਿੱਚ ਸੁਧਾਰ ਲਿਆਉਣ ਲਈ ਨੌਜਵਾਨ ਵਿਦਿਆਰਥੀਆਂ ਵੀ ਨੂੰ ਰਾਜਨੀਤੀ ਵਿੱਚ ਆਉਣ ਦਾ ਸੱਦਾ ਦਿੱਤਾ।
ਸਪੀਕਰ ਨੇ ਕਿਹਾ ਕਿ ਬਹੁਤ ਅਫ਼ਸੋਸ ਦੀ ਗੱਲ ਹੈ ਕਿ ਕੇਂਦਰ ਸਰਕਾਰ ਨੇ ਦੇਸ਼ ਅੰਦਰ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦਾ ਡਾਟਾ ਇਕੱਠਾ ਕਰਕੇ ਰੱਖਣਾ ਹੀ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਵੇਂ ਦੇਸ਼ ਦੀ ਆਜ਼ਾਦੀ ਦੀ ਲੜਾਈ, ਪੰਜਾਬ, ਹਰਿਆਣਾ (ਉਦੋਂ ਇਕੱਠਾ) ਤੇ ਬੰਗਾਲ ਨੇ ਲੜੀ ਉਸੇ ਤਰ੍ਹਾਂ ਹੀ ਹੁਣ ਦੇਸ਼ ਦੇ ਕਿਸਾਨਾਂ ਦੀ ਆਰਥਿਕ ਆਜ਼ਾਦੀ ਦੀ ਲੜਾਈ ਪੰਜਾਬ ਤੇ ਹਰਿਆਣਾ ਦੇ ਕਿਸਾਨ ਲੜ ਰਹੇ ਹਨ।
ਸਪੀਕਰ ਸੰਧਵਾਂ ਨੇ ਕਿਹਾ ਕਿ ਕਿਸਾਨਾਂ ਦੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਗੋਲੀਆਂ ਤੇ ਅੱਥਰੂ ਗੈਸ ਦੇ ਗੋਲੇ ਆਪਣੇ ਉਪਰ ਝੱਲਣ ਵਾਲੇ, ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਕਿਸਾਨਾਂ ਤੇ ਜਿਨ੍ਹਾਂ ਦੇ ਸਰੀਰ ਬੁਰੀ ਤਰ੍ਹਾਂ ਜਖਮੀ ਹੋਏ ਹਨ, ਕਿਸਾਨਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਪੂਰੀ ਹਮਦਰਦੀ ਹੈ ਤੇ ਉਨ੍ਹਾਂ ਦਾ ਇਲਾਜ ਮੁਫ਼ਤ ਹੋ ਰਿਹਾ ਹੈ।

About The Author

You may have missed