ਸੜਕ ਨਿਰਮਾਣ ’ਚ ਗੁਣਵੱਤਾ ਨਾਲ ਨਹੀਂ ਕੀਤਾ ਜਾਵੇਗਾ ਕੋਈ ਸਮਝੌਤਾ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ , 10 ਜਨਵਰੀ | ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਵਿਚ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਨਿਸ਼ਚਿਤ ਸਮੇਂ ਵਿਚ ਪੂਰਾ ਕੀਤਾ ਜਾਵੇਗਾ ਅਤੇ ਕੰਮਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਹੋਵੇਗਾ। ਉਹ ਵਾਰਡ ਨੰਬਰ 48 ਦੇ ਮੁਹੱਲਾ ਪੂਰਨ ਨਗਰ ’ਚ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਉਣ ਦੌਰਾਨ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਉਹ ਸਮੇਂ-ਸਮੇਂ ’ਤੇ ਕੰਮ ਦੀ ਕੁਆਲਟੀ ਨੂੰ ਚੈੱਕ ਕਰਨ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਵਿਚ ਕੁਤਾਹੀ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਬੁਨਿਆਦੀ ਜਰੂਰਤਾਂ ਨੂੰ ਪੂਰਾ ਕਰਨ ਲਈ ਵੀ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।
ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਰਿਕਾਰਡਤੋੜ ਵਿਕਾਸ ਕਾਰਜ ਕਰਵਾਏ ਜਾਣਗੇ ਅਤੇ ਸ਼ਹਿਰ ਵਾਸੀਆਂ ਨੂੰ ਮਾਡਲ ਸ਼ਹਿਰਾਂ ਦੀ ਤਰਜ਼ ’ਤੇ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਵਾਰਡ ਕੌਂਸਲਰ ਨਵਾਬ ਹੁਸੈਨ, ਕੌਂਸਲ ਪ੍ਰਦੀਪ ਬਿੱਟੂ, ਵਰਿੰਦਰ ਸ਼ਰਮਾ ਬਿੰਦੂ, ਐਕਸੀਅਨ ਨਗਰ ਨਿਗਮ ਹਰਪ੍ਰੀਤ ਸਿੰਘ, ਹਰਜਿੰਦਰ ਸਿੰਘ ਵਿਰਦੀ, ਮਾਸਟਰ ਹਰਭਜਨ ਸਿੰਘ, ਕੁਲਵਿੰਦਰ ਕੌਰ, ਨੀਰਜ ਕਾਲੀਆ, ਰਾਜਵਿੰਦਰ ਸਿੰਘ ਤੋਂ ਇਲਾਵਾ ਹੋਰ ਮੁਹੱਲਾ ਨਿਵਾਸੀ ਵੀ ਮੌਜੂਦ ਸਨ।