ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਲਗਾਏ ਜਾ ਰਹੇ ਕੈਂਪਾਂ ’ਚ ਕੀਤਾ ਜਾ ਰਿਹੈ ਲੋਕ ਸਮੱਸਿਆਵਾਂ ਦਾ ਹੱਲ-ਵਿਧਾਇਕ ਬੁੱਧ ਰਾਮ
ਮਾਨਸਾ , 22 ਫਰਵਰੀ | ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋ ‘ਆਪ ਦੀ ਸਰਕਾਰ ਆਪ ਦੇ ਦੁਆਰ’ ਸਕੀਮ ਤਹਿਤ ਪਿੰਡਾਂ ਤੇ ਸ਼ਹਿਰਾਂ ਵਿਚ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ ’ਚ ਘਰਾਂ ਦੇ ਨਜ਼ਦੀਕ ਮਿਲ ਰਹੀਆਂ ਸੇਵਾਵਾਂ ਦਾ ਲੋਕ ਲਾਹਾ ਲੈ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਗੁਰਨੇ ਖੁਰਦ, ਗੁਰਨੇ ਕਲਾਂ, ਹਸਨਪੁਰ ਅਤੇ ਬੋੜਾਵਾਲ ਵਿਖੇ ਲੱਗੇ ਕੈਂਪਾਂ ’ਚ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਮੌਕੇ ਕੀਤਾ।
ਵਿਧਾਇਕ ਨੇ ਕਿਹਾ ਕਿ ਜਨ ਸੁਣਵਾਈ ਕੈਂਪਾਂ ਰਾਹੀਂ ਸਰਕਾਰ ਅਤੇ ਲੋਕਾਂ ਵਿਚ ਆਪਸੀ ਤਾਲਮੇਲ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਸਮਾਂਬੱਧ ਨਿਪਟਾਰਾ ਕਰਨ ਲਈ ਵਚਨਬੱਧ ਹੈ। ਪਿੰਡ ਪੱਧਰ ’ਤੇ ਲਗਾਏ ਜਾ ਰਹੇ ਕੈਂਪਾਂ ਅੰਦਰ ਪ੍ਰਸ਼ਾਸਨਿਕ ਅਧਿਕਾਰੀ ਖੁਦ ਮੌਜੂਦ ਰਹਿ ਕੇ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਕੰਮਾਂ ਨੂੰ ਪਹਿਲ ਦੇ ਆਧਾਰ ’ਤੇ ਕਰਨ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਰੋਜ਼ਾਨਾ ਪੱਧਰ ’ਤੇ ਇੰਨ੍ਹਾਂ ਕੈਂਪਾਂ ’ਚ ਸ਼ਿਰਕਤ ਕਰਕੇ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਕੰਮ ਕਰਵਾਉਣ ਵਿਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਪਹੁੰਚਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਨਾਇਬ ਤਹਿਸੀਲਦਾਰ ਮੰਗੂ ਬਾਂਸਲ, ਪੰਚਾਇਤ ਸਕੱਤਰ ਮਨਮੋਹਨ ਸਿੰਘ, ਹਰਭਜਨ ਸਿੰਘ, ਬਲਾਕ ਪ੍ਰਧਾਨ ਬੋੜਾਵਾਲ ਵੀਰ ਸਿੰਘ, ਜਗਦੀਪ ਸਿੰਘ, ਗੱਗੀ ਸਿੰਘ ਹਾਜਰ ਸਨ।