ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਪਟਿਆਲਾ , 29 ਜਨਵਰੀ |  ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੀਤੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਸਕੂਲ ਆਫ਼ ਐਮੀਨੈਂਸ, ਆਮ ਆਦਮੀ ਕਲੀਨਿਕ, ਨਾਬਾਰਡ, ਮਗਨਰੇਗਾ, ਆਵਾਸ ਯੋਜਨਾ ਸਮੇਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਨਿਰੰਤਰ ਰਿਪੋਰਟ ਲੈ ਰਹੇ ਹਨ ਤੇ ਚੱਲ ਰਹੇ ਕੰਮਾਂ ਵਿੱਚ ਕਿਸੇ ਕਿਸਮ ਦੀ ਢਿੱਲ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਟਿੰਗ ‘ਚ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਥਿੰਦ ਤੇ ਵਧੀਕ ਡਿਪਟੀ ਕਮਿਸ਼ਨਰ ਅਨੂਪ੍ਰਿਤਾ ਜੌਹਲ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਨਵੇਂ ਬਣਨ ਵਾਲੇ ਤਹਿਸੀਲ ਦਫ਼ਤਰ ਸਮਾਣਾ ਅਤੇ ਦੁਧਨਸਾਧਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਕੰਮਾਂ ਨੂੰ ਸਮਾਂਬੱਧ ਕਰਦੇ ਹੋਏ ਪ੍ਰਗਤੀ ਦੀ ਰਿਪੋਰਟ ਨਿਰੰਤਰ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਭੇਜਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਵਿਕਾਸ ਕਾਰਜਾਂ ਵਿੱਚ ਇੱਕ ਤੋਂ ਵੱਧ ਵਿਭਾਗ ਸ਼ਾਮਲ ਹਨ ਉਹ ਵਿਭਾਗ ਲਗਾਤਾਰ ਮੀਟਿੰਗਾਂ ਕਰਨ ਤਾਂ ਜੋ ਕੰਮ ਵਿੱਚ ਹੋਣ ਵਾਲੀ ਬੇਲੋੜੀ ਦੇਰੀ ਨੂੰ ਘੱਟ ਕੀਤਾ ਜਾ ਸਕੇ ਅਤੇ ਆਪਸੀ ਤਾਲਮੇਲ ਯਕੀਨੀ ਬਣਾਇਆ ਜਾ ਸਕੇ।
ਸਾਕਸ਼ੀ ਸਾਹਨੀ ਨੇ ਮੇਰਾ ਘਰ ਮੇਰੇ ਨਾਮ ਸਕੀਮ, ਕਰੀਟੀਕਲ ਕੇਅਰ ਬਲਾਕ ਸਮੇਤ ਜ਼ਿਲ੍ਹੇ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਫਰਨੀਚਰ, ਪੀਣ ਲਈ ਪਾਣੀ ਤੇ ਇੰਟਰਨੈਟ ਸਹੂਲਤ ਸਬੰਧੀ ਸਬੰਧਤ ਵਿਭਾਗਾਂ ਪਾਸੋਂ ਜਾਣਕਾਰੀ ਲੈਂਦਿਆਂ ਹਦਾਇਤ ਕੀਤੀ ਕਿ ਜਿਥੇ ਕੀਤੇ ਵੀ ਕੋਈ ਕਮੀ ਨਜ਼ਰ ਆਉਂਦੀ ਹੈ ਉਸ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਕੈਪਸ਼ਨ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ।

About The Author

You may have missed