ਪਠਾਨਕੋਟ ਨੂੰ ਵਿਸ਼ੇਸ਼ ਸਨਅਤੀ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਲੱਭਾਂਗੇਃ ਮੁੱਖ ਮੰਤਰੀ
ਪਠਾਨਕੋਟ , 25 ਫਰਵਰੀ | ਪਠਾਨਕੋਟ ਜ਼ਿਲ੍ਹੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਦਾ ਐਲਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਕਸਬੇ ਨੂੰ ਵਿਸ਼ੇਸ਼ ਉਦਯੋਗਿਕ ਅਤੇ ਵਪਾਰਕ ਪੈਕੇਜ ਦੇਣ ਦੀ ਸੰਭਾਵਨਾ ਤਲਾਸ਼ੇਗੀ।
ਮੁੱਖ ਮੰਤਰੀ ਨੇ ਦੂਜੀ ਸਰਕਾਰ-ਵਪਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਪਠਾਨਕੋਟ ਹਵਾਈ ਅੱਡੇ ਤੋਂ ਦਿੱਲੀ ਲਈ ਉਡਾਣਾਂ ਸ਼ੁਰੂ ਕਰਨ ਦਾ ਮੁੱਦਾ ਨਿੱਜੀ ਤੌਰ ‘ਤੇ ਭਾਰਤ ਸਰਕਾਰ ਕੋਲ ਉਠਾਉਣਗੇ। ਉਨ੍ਹਾਂ ਕਿਹਾ ਕਿ ਇਸ ਖੇਤਰ ਵਿੱਚ ਸੈਰ-ਸਪਾਟਾ ਸਨਅਤ ਨੂੰ ਹੁਲਾਰਾ ਦੇਣ ਲਈ ਪਹਿਲਾਂ ਹੀ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ ਕਿਉਂਕਿ ਇਹ ਕੁਦਰਤੀ ਸੁੰਦਰਤਾ ਨਾਲ ਭਰਪੂਰ ਹੈ ਅਤੇ ਇਹ ਉਦਯੋਗ ਨੂੰ ਵੱਡਾ ਹੁਲਾਰਾ ਦੇ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਖੇਤਰ ਵਿੱਚ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਿਸ਼ੇਸ਼ ਪੈਕੇਜ ਦੇਣ ਦੀ ਸੰਭਾਵਨਾ ਵੀ ਤਲਾਸ਼ੇਗੀ।
ਭਾਜਪਾ ਆਗੂ ਅਤੇ ਸਥਾਨਕ ਸੰਸਦ ਮੈਂਬਰ ਸੰਨੀ ਦਿਓਲ ਉਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇੱਥੋਂ ਚੁਣੇ ਜਾਣ ਦੇ ਬਾਵਜੂਦ ਉਹ ਪਠਾਨਕੋਟ ਦੀ ਭੂਗੋਲਿਕਤਾ ਤੋਂ ਅਣਜਾਣ ਹੈ ਅਤੇ ਉਹ ਸ਼ਰਤ ਲਾ ਸਕਦੇ ਹਨ ਕਿ ਸੰਨੀ ਦਿਓਲ ਨੂੰ ਇਹ ਪਤਾ ਨਹੀਂ ਹੋਣਾ ਕਿ ਪਠਾਨਕੋਟ ਜ਼ਿਲ੍ਹੇ ਵਿੱਚ ਧਾਰ ਕਲਾਂ ਜਾਂ ਚਮਰੌੜ ਕਿੱਥੇ ਹੈ। ਉਨ੍ਹਾਂ ਕਿਹਾ ਕਿ ਪਠਾਨਕੋਟ ਦੇ ਲੋਕਾਂ ਨੇ ਇਸ ਬਾਲੀਵੁੱਡ ਸਟਾਰ ਨੂੰ ਚੁਣ ਕੇ ਗਲਤੀ ਕੀਤੀ ਹੈ, ਜਿਸ ਦਾ ਲੋਕਾਂ ਅਤੇ ਇਲਾਕੇ ਨਾਲ ਕੋਈ ਸਬੰਧ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਇਲਾਕੇ ਦੇ ਵਿਕਾਸ ਨੂੰ ਖ਼ਤਰਾ ਪੈਦਾ ਹੋਇਆ ਹੈ ਪਰ ਸੂਬਾ ਸਰਕਾਰ ਇਲਾਕੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਮੁੱਖ ਮੰਤਰੀ ਨੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੰਨੀ ਦਿਓਲ ਨੂੰ ਚੇਤੇ ਕਰਵਾਇਆ ਕਿ ਸਿਆਸਤ ਕੋਈ ਸਵੇਰੇ ਨੌਂ ਤੋਂ ਸ਼ਾਮੀਂ ਪੰਜ ਵਜੇ ਦਾ ਕੰਮ ਨਹੀਂ ਹੈ, ਸਗੋਂ ਸਿਆਸਤਦਾਨ ਨੂੰ ਹਮੇਸ਼ਾ ਲੋਕਾਂ ਲਈ ਉਪਲਬਧ ਹੋਣਾ ਚਾਹੀਦਾ ਹੈ। ਉਨ੍ਹਾਂ ਅਫ਼ਸੋਸ ਜਤਾਇਆ ਕਿ ਲੋਕਾਂ ਦਾ ਚੁਣਿਆ ਨੁਮਾਇੰਦਾ ਸੰਨੀ ਦਿਓਲ ਨਾ ਤਾਂ ਸੰਸਦ ਵਿਚ ਗਿਆ ਅਤੇ ਨਾ ਹੀ ਕਦੇ ਆਪਣੇ ਹਲਕੇ ਦਾ ਦੌਰਾ ਕੀਤਾ। ਭਗਵੰਤ ਸਿੰਘ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਫਿਲਮੀ ਦੁਨੀਆ ਦਾ ਚਮਕਦਾ ਸਿਤਾਰਾ ਸਰਹੱਦਾਂ ਤੋਂ ਪਾਰ ਤੱਕ ਗਿਆ ਪਰ ਉਸ ਨੇ ਕਦੇ ਵੀ ਇਸ ਸਰਹੱਦੀ ਖੇਤਰ ਦੇ ਲੋਕਾਂ ਦਾ ਹਾਲ-ਚਾਲ ਨਹੀਂ ਪੁੱਛਿਆ, ਜਿਨ੍ਹਾਂ ਨੇ ਉਸ ਨੂੰ ਚੁਣਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸੂਝਵਾਨ ਲੋਕਾਂ ਨੂੰ ਸੂਬੇ ਤੋਂ ਬਾਹਰੋਂ ਕਿਸੇ ਵੱਡੇ ਨਾਮ ਨੂੰ ਚੁਣਨ ਦੀ ਬਜਾਏ ਅਜਿਹੇ ਵਿਅਕਤੀ ਨੂੰ ਵੋਟ ਪਾਉਣੀ ਚਾਹੀਦੀ ਹੈ, ਜੋ ਸਥਾਨਕ ਹੋਵੇ ਅਤੇ ਲੋਕਾਂ ਲਈ ਹਮੇਸ਼ਾ ਉਪਲਬਧ ਹੋਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਬਹੁਤ ਸਾਰੇ ਸਮਰਪਿਤ ਆਗੂ ਹਨ, ਜੋ ਸੂਬੇ ਦੀ ਸੇਵਾ ਪੂਰੀ ਲਗਨ ਅਤੇ ਤਨਦੇਹੀ ਨਾਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਬਾਹਰੋਂ ਆਏ ਪੈਰਾਸ਼ੂਟ ਲੀਡਰਾਂ ਨੂੰ ਚੁਣਨ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਹੀ ਵੋਟਾਂ ਪਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ-ਵਪਾਰ ਮਿਲਣੀਆਂ ਦਾ ਉਦੇਸ਼ ਸੂਬੇ ਵਿੱਚ ਵਪਾਰੀ ਭਾਈਚਾਰੇ ਨੂੰ ਦਰਪੇਸ਼ ਸਾਰੇ ਮੁੱਦਿਆਂ ਨੂੰ ਹੱਲ ਕਰਨਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਸੂਬੇ ਦੀ ਤਰੱਕੀ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਇਹ ਇਤਿਹਾਸਕ ਪਹਿਲਕਦਮੀ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕਾਰਜ ਦਾ ਮੰਤਵ ਵਪਾਰੀਆਂ ਨੂੰ ਬਰਾਬਰ ਦਾ ਭਾਈਵਾਲ ਬਣਾ ਕੇ ਖੇਤਰ ਵਿੱਚ ਵਪਾਰ ਅਤੇ ਉਦਯੋਗ ਨੂੰ ਹੁਲਾਰਾ ਦੇਣਾ ਹੈ।
ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਕ ਹੋਰ ਇਤਿਹਾਸਕ ਪਹਿਲਕਦਮੀ ਕਰਦਿਆਂ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸਰਕਾਰ ਨੂੰ ਲੋਕਾਂ ਦੇ ਬੂਹੇ ‘ਤੇ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰਾਂ ਚੰਡੀਗੜ੍ਹ ਤੋਂ ਚਲਦੀਆਂ ਸਨ ਪਰ ਹੁਣ ਪਿੰਡਾਂ ਤੋਂ ਚਲਾਈਆਂ ਜਾ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਕੰਮ ਲਈ ਲੋਕਾਂ ਨੂੰ ਇਕ ਤੋਂ ਦੂਜੀ ਥਾਂ ਘੁੰਮਾਉਣ ਦੇ ਪੁਰਾਣੇ ਰੁਝਾਨ ਦੀ ਬਜਾਏ ਅਫ਼ਸਰਾਂ ਨੂੰ ਫੀਲਡ ਵਿੱਚ ਭੇਜ ਕੇ ਲੋਕਾਂ ਨੂੰ ਅਖ਼ਤਿਆਰ ਦਿੱਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤਹਿਤ ਸੂਬਾ ਸਰਕਾਰ ਨੇ ਦਸੰਬਰ 2023 ਵਿੱਚ ਨਾਗਰਿਕਾਂ ਨੂੰ 43 ਮਹੱਤਵਪੂਰਨ ਸੇਵਾਵਾਂ ਮੁਹੱਈਆ ਕਰਨ ਦੀ ਸ਼ੁਰੂਆਤ ਕਰ ਕੇ ਵੱਡੀਆਂ ਸਰਕਾਰੀ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਫਲੈਗਸ਼ਿਪ ਸਕੀਮ ਸ਼ੁਰੂ ਕੀਤੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਕੀਮ ਤਹਿਤ ਨਾਗਰਿਕ 1076 ਨੰਬਰ ‘ਤੇ ਕਾਲ ਕਰ ਕੇ ਲੋਕ ਕੰਮ ਲਈ ਆਪਣੀ ਸਹੂਲਤ ਅਨੁਸਾਰ ਸਰਕਾਰੀ ਮੁਲਾਜ਼ਮਾਂ ਨੂੰ ਬੁਲਾ ਸਕਦੇ ਹਨ ਅਤੇ ਅਪਲਾਈ ਕਰ ਸਕਦੇ ਹਨ। ਇਸ ਤਹਿਤ ਨਾਗਰਿਕਾਂ ਨੂੰ ਸਬੰਧਤ ਕੰਮ ਦਾ ਸਰਟੀਫਿਕੇਟ ਵੀ ਘਰੇ ਮਿਲੇਗਾ। ਉਨ੍ਹਾਂ ਕਿਹਾ ਕਿ ਹੁਣ ਇਸ ਤੋਂ ਅੱਗੇ ਜਾ ਕੇ ਸੂਬਾ ਸਰਕਾਰ ਨੇ ਇਕ ਹੋਰ ਅਹਿਮ ਪਹਿਲਕਦਮੀ ‘ਆਪ ਕੀ ਸਰਕਾਰ, ਆਪ ਕੇ ਦੁਆਰ’ ਤਹਿਤ ਸੂਬੇ ਭਰ ਵਿੱਚ ਕੈਂਪ ਲਾ ਕੇ ਨਾਗਰਿਕਾਂ ਤੱਕ ਪਹੁੰਚ ਕੀਤੀ ਹੈ ਅਤੇ ਸੂਬੇ ਦੀ ਹਰ ਤਹਿਸੀਲ ਵਿੱਚ ਰੋਜ਼ਾਨਾ ਚਾਰ ਕੈਂਪ ਲਗਾਏ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਸਮਝੌਤਿਆਂ ਦੀ ਉਲੰਘਣਾ ਕਰਨ ਵਾਲੇ ਟੋਲ ਪਲਾਜ਼ਿਆਂ ਨੂੰ ਬੰਦ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੀ ਹੈ ਕਿਉਂਕਿ ਉਨ੍ਹਾਂ ਨੂੰ ਇਨ੍ਹਾਂ ਟੋਲ ਪਲਾਜ਼ਿਆਂ ‘ਤੇ ਭਾਰੀ ਪੈਸਾ ਦੇਣਾ ਪੈਂਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦਾ ਇੱਕੋ-ਇੱਕ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਸੂਬੇ ਵਿੱਚ ਆਉਣ-ਜਾਣ ਸਮੇਂ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੇ ਵੱਖ-ਵੱਖ ਰੰਗਾਂ ਵਾਲੇ ਸਟੈਂਪ ਪੇਪਰਾਂ ਦੀ ਸ਼ੁਰੂਆਤ ਕਰ ਕੇ ਨਿਵੇਕਲੀ ਪਹਿਲਕਦਮੀ ਕੀਤੀ ਹੈ, ਜੋ ਸੂਬੇ ਵਿੱਚ ਉਦਯੋਗਿਕ ਕ੍ਰਾਂਤੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਵੱਲ ਇੱਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅਜਿਹਾ ਪਹਿਲਾ ਸੂਬਾ ਹੈ, ਜਿਸ ਨੇ ਉੱਦਮੀਆਂ ਨੂੰ ਆਪਣੇ ਯੂਨਿਟ ਸਥਾਪਤ ਕਰਨ ਲਈ ਹਰੇ ਰੰਗ ਦੇ ਸਟੈਂਪ ਪੇਪਰ ਜਾਰੀ ਕੀਤੇ ਹਨ, ਜਿਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਲੋੜੀਂਦਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ, ਜਿਸ ਦਾ ਉਦੇਸ਼ ਸੂਬੇ ਵਿੱਚ ਆਪਣੀਆਂ ਇਕਾਈਆਂ ਸਥਾਪਤ ਕਰਨ ਦੇ ਚਾਹਵਾਨ ਉੱਦਮੀਆਂ ਲਈ ਕਾਰੋਬਾਰ ਕਰਨ ਦੀ ਸੌਖ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਪਾਰੀ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਨੌਕਰੀਆਂ ਮੁਹੱਈਆ ਕਰਦੇ ਹਨ, ਜਿਸ ਕਾਰਨ ਉਹ ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਵਿੱਚ ਸਰਗਰਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਪਾਰੀਆਂ ਦੀ ਸਹੂਲਤ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਪਾਰੀਆਂ ਵੱਲੋਂ ਸੂਬੇ ਨੂੰ ਟੈਕਸ ਵਜੋਂ ਦਿੱਤੇ ਪੈਸੇ ਦੀ ਲੋਕਾਂ ਦੀ ਭਲਾਈ ਲਈ ਯੋਗ ਵਰਤੋਂ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਇਸ ਪਲੇਠੀ ਪਹਿਲਕਦਮੀ ਦਾ ਮੰਤਵ ਵਪਾਰੀ ਭਾਈਚਾਰੇ ਦੀ ਭਲਾਈ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਆਰਥਿਕ ਵਿਕਾਸ ਨੂੰ ਹੁਲਾਰਾ ਦੇ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਵੱਲ ਇਕ ਕਦਮ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਦਯੋਗ ਅਤੇ ਵਪਾਰ ਹਰ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਜਿਸ ਕਾਰਨ ਇਸ ਨੂੰ ਜ਼ਰੂਰ ਹੁਲਾਰਾ ਦੇਣਾ ਚਾਹੀਦਾ ਹੈ।
ਮੁੱਖ ਮੰਤਰੀ ਨੇ ਦੁਹਰਾਇਆ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇੱਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਰਿਹਾ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਦੈਵੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਸਫ਼ਲਤਾ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁਨ ਪ੍ਰਚਾਰ ਵਿੱਚ ਨਹੀਂ ਆਉਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣ ਲਈ ਵੱਡੇ ਪੱਧਰ ‘ਤੇ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ 90 ਫੀਸਦੀ ਘਰਾਂ ਨੂੰ ਬਿਜਲੀ ਮੁਫ਼ਤ ਮਿਲ ਰਹੀ ਹੈ, 40 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ, 664 ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਕੂਲ ਆਫ ਐਮੀਨੈਂਸ ਖੋਲ੍ਹੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਿਲਸਿਲਾ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰੱਖਿਆ ਜਾਵੇਗਾ ਤਾਂ ਜੋ ਸੂਬੇ ਦੇ ਹਰੇਕ ਵਸਨੀਕ ਨੂੰ ਇਸ ਦਾ ਲਾਭ ਮਿਲ ਸਕੇ।